ਪੰਜਾਬ ਦੇ ਛੋਟੇ-ਦਰਮਿਆਨੇ ਕਿਸਾਨਾਂ ਦਾ ਕਰਜ਼ਾ ਮੁਆਫ਼

ਪੰਜਾਬ ਦੇ ਛੋਟੇ-ਦਰਮਿਆਨੇ ਕਿਸਾਨਾਂ ਦਾ ਕਰਜ਼ਾ ਮੁਆਫ਼

June 20, 2017 12:05 AM

ਚੰਡੀਗੜ੍ਹ, 19 ਜੂਨ (ਜੈ ਸਿੰਘ ਛਿੱਬਰ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਛੋਟੇ ਅਤੇ ਦਰਮਿਆਨੇ ਕਿਸਾਨਾਂ (ਪੰਜ ਏਕੜ ਤਕ) ਲਈ ਦੋ ਲੱਖ ਰੁਪਏ ਤਕ ਦਾ ਸਮੁੱਚਾ ਫ਼ਸਲੀ ਕਰਜ਼ਾ ਮੁਆਫ਼ ਕਰਨ ਅਤੇ ਕਰਜ਼ੇ ਦੀ ਰਾਸ਼ੀ 'ਤੇ ਗ਼ੌਰ ਕੀਤੇ ਬਗ਼ੈਰ ਬਾਕੀ ਸਾਰੇ ਦਰਮਿਆਨੇ ਕਿਸਾਨਾਂ ਨੂੰ 2 ਲੱਖ ਰੁਪਏ ਦੀ ਰਾਹਤ ਦੇਣ ਦਾ ਐਲਾਨ ਕੀਤਾ।
ਅੱਜ ਪੰਜਾਬ ਵਿਧਾਨ ਸਭਾ ਵਿਚ ਅਪਣੇ ਭਾਸ਼ਨ ਦੌਰਾਨ ਇਹ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਕੁਲ 10.25 ਲੱਖ ਕਿਸਾਨਾਂ ਨੂੰ ਲਾਭ ਹੋਵੇਗਾ ਜਿਨ੍ਹਾਂ ਵਿਚ ਪੰਜ ਏਕੜ ਤਕ ਵਾਲੇ 8.75 ਲੱਖ ਕਿਸਾਨ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਉੱਤਰ-ਪ੍ਰਦੇਸ਼ ਅਤੇ ਮਾਹਾਰਾਸ਼ਟਰ ਸਰਕਾਰ ਵਲੋਂ ਐਲਾਨ ਕੀਤੀ ਗਈ ਰਾਹਤ ਨਾਲੋਂ ਇਹ ਦੁਗਣੀ ਰਾਹਤ ਹੈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਜਟ ਸੈਸ਼ਨ ਤੋਂ ਇਕ ਦਿਨ ਪਹਿਲਾਂ ਕਿਸਾਨਾਂ, ਉਦਯੋਗਪਤੀਆਂ, ਵਿਦਿਆਰਥੀਆਂ ਨੂੰ ਰਾਹਤ ਦਿੰਦਿਆਂ ਕਈ ਐਲਾਨ ਕੀਤੇ। ਅੱਜ ਦੇਰ ਸ਼ਾਮ ਪੰਜਾਬ ਵਿਧਾਨ ਸਭਾ 'ਚ ਰਾਜਪਾਲ ਦੇ ਭਾਸ਼ਨ 'ਤੇ ਬਹਿਸ ਨੂੰ ਸਮੇਟਦੇ ਹੋਏ ਮੁੱਖ ਮੰਤਰੀ ਨੇ ਸੂਬੇ 'ਚ ਉਦਯੋਗ ਨੂੰ ਹੁਲਾਰਾ ਦੇਣ ਘਰੇਲੂ ਤੇ ਇੰਡਸਟਰੀ ਨੂੰ ਪੰਜ ਰੁਪਏ ਪ੍ਰਤੀ ਯੂਨਿਟ ਬਿਜਲੀ ਦੇਣ, ਸਕੂਲਾਂ ਦੇ ਵਿਦਿਆਰਥੀਆਂ ਨੂੰ ਮੁਫ਼ਤ ਕਿਤਾਬਾਂ ਦੇਣ, ਟਰੱਕ ਯੂਨੀਅਨਾਂ ਭੰਗ ਕਰਨ, ਸੋਲਰ ਪੰਪ ਲਗਾਉਣ ਵਾਲਿਆਂ ਨੂੰ 80 ਫ਼ੀ ਸਦੀ ਸਬਸਿਡੀ ਦੇਣ, ਪਿੰਡਾਂ ਵਿਚ ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਨਾ ਜਲਾਉਣ ਤੇ ਪ੍ਰਦੂਸ਼ਣ ਦੀ ਰੋਕਥਾਮ ਕਰਨ ਵਾਲੇ ਪਿੰਡਾਂ ਨੂੰ ਵਿਕਾਸ ਲਈ ਵਿਸ਼ੇਸ਼ ਗਰਾਂਟ ਦੇਣ, ਕਿਸਾਨਾਂ ਨੂੰ ਫ਼ਸਲੀ ਚੱਕਰ ਵਿਚੋਂ ਕੱਢਣ ਲਈ ਡਾ. ਐਮ.ਐਸ ਰੰਧਾਵਾ ਹਾਰਟੀਕਲਚਰ ਯੂਨੀਵਰਸਿਟੀ ਬਣਾਉਣ ਦਾ ਐਲਾਨ ਕੀਤਾ ਹੈ।
Îਮੁੱਖ ਮੰਤਰੀ ਨੇ ਸਦਨ ਨੂੰ ਭਰੋਸਾ ਦਿਤਾ ਕਿ ਪੰਜਾਬ ਦਾ ਪਾਣੀ ਪੰਜਾਬ ਲਈ ਹੈ ਅਤੇ ਇਕ ਬੂੰਦ ਵੀ ਵਾਧੂ ਪਾਣੀ ਪੰਜਾਬ ਕੋਲ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਫ਼ਸਲੀ ਚੱਕਰ ਵਿਚੋਂ ਕੱਢਣ ਲਈ ਬਾਗ਼ਬਾਨੀ ਤੇ ਸਬਜ਼ੀਆਂ ਵਲ ਪ੍ਰੇਰਿਤ ਕੀਤਾ ਜਾਵੇਗਾ। ਕੈਪਟਨ ਨੇ ਸਪੀਕਰ ਰਾਣਾ ਕੰਵਰਪਾਲ ਸਿੰਘ ਨੂੰ ਵਿਧਾਨ ਸਭਾ ਦੀ ਇਕ ਸਾਂਝੀ ਪੰਜ ਮੈਂਬਰੀ ਕਮੇਟੀ ਬਣਾਉਣ ਦੀ ਅਪੀਲ ਕੀਤੀ ਤਾਕਿ ਖ਼ੁਦਕਸ਼ੀਆਂ ਕਰਨ ਵਾਲੇ ਕਿਸਾਨਾਂ ਦੀ ਅਸਲ ਗਿਣਤੀ, ਖ਼ੁਦਕਸ਼ੀ ਦੇ ਕਾਰਨਾਂ ਨੂੰ ਲਭਿਆ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨਾਲ ਕੀਤਾ ਗਿਆ ਮੁਫ਼ਤ ਸਮਾਰਟ ਫ਼ੋਨ ਤੇ ਵਾਈ ਫ਼ਾਈ ਦਾ ਵਾਅਦਾ ਵੀ ਪੂਰਾ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਸਕੂਲ ਸਿਖਿਆਂ ਵਿਚ ਸੁਧਾਰ ਲਿਆਉਣ ਲਈ ਹਰ ਬਲਾਕ 'ਚ ਪ੍ਰਾਇਮਰੀ, ਮਿਡਲ ਤੇ ਹਾਈ ਸਕੂਲਾਂ ਵਿਚ ਅੰਗਰੇਜ਼ੀ ਮੀਡੀਅਮ ਲਾਗੂ ਕਰਨ ਦਾ ਵੀ ਐਲਾਨ ਕੀਤਾ। ਮੁੱਖ ਮੰਤਰੀ ਨੇ ਦੁਖ ਪ੍ਰਗਟ ਕਰਦਿਆਂ ਕਿਹਾ ਕਿ ਅਜ਼ਾਦੀ ਤੋਂ ਬਾਅਦ ਪ੍ਰਾਇਮਰੀ ਸਕੂਲਾਂ ਦੇ ਬੱਚਿਆਂ ਨੂੰ ਬੈਠਣ ਲਈ ਬੈਂਚ ਤਕ ਨਸੀਬ ਨਹੀਂ ਹੋਏ। ਸਕੂਲ ਸਿਖਿਆ ਬੋਰਡ ਨਾਲ ਤਾਲਮੇਲ ਕਰ ਕੇ ਸਿਖਿਆ ਖੇਤਰ 'ਚ ਸੁਧਾਰ ਕੀਤਾ ਜਾਵੇਗਾ ਤੇ ਵਿਦਿਆਰਥੀਆਂ ਨੂੰ ਬੈਂਚ ਮੁਹਈਆ ਕਰਵਾਏ ਜਾਣਗੇ।
ਮੁੱਖ ਮੰਤਰੀ ਨੇ ਪਿਛਲੀ ਅਕਾਲੀ ਭਾਜਪਾ ਗਠਜੋੜ ਸਰਕਾਰ 'ਤੇ ਹਮਲਾ ਕਰਦਿਆਂ ਕਿਹਾ ਕਿ ਕੇਂਦਰ ਵਲੋਂ ਜਾਰੀ 31 ਹਜ਼ਾਰ ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਟ ਵਿਚ ਵੱਡਾ ਘਪਲਾ ਕੀਤਾ ਹੈ ਜਿਸ ਦਾ ਪੰਜਾਬ ਸਰਕਾਰ ਨੂੰ ਪ੍ਰਤੀ ਮਹੀਨੇ 270 ਕਰੋੜ ਰੁਪਏ ਵਿਆਜ ਦੇਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇ ਅਕਾਲੀ ਭਾਜਪਾ ਸਰਕਾਰ 31 ਹਜ਼ਾਰ ਕਰੋੜ ਦਾ ਇਹ ਕਰਜ਼ਾ ਨਾ ਛੱਡ ਕੇ ਜਾਂਦੀ ਤਾਂ ਉਨ੍ਹਾਂ ਨੇ ਪੰਜਾਬ ਦੇ ਸਾਰੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰ ਦੇਣਾ ਸੀ। ਮੁੱਖ ਮੰਤਰੀ ਨੇ ਰੱਜੇ ਪੁੱਜੇ ਕਿਸਾਨਾਂ ਨੂੰ ਮੁਫ਼ਤ ਬਿਜਲੀ ਦੀ ਸੁਵਿਧਾ ਅਪਣੀ ਮਰਜ਼ੀ ਮੁਤਾਬਕ ਛੱਡਣ ਦੀ ਅਪੀਲ ਵੀ ਕੀਤੀ। ਕਾਂਗਰਸ ਦੇ ਕਈ ਵਿਧਾਇਕਾਂ ਤੇ 'ਆਪ' ਦੇ ਵਿਧਾਇਕ ਅਮਨ ਅਰੋੜਾ ਨੇ ਬਿਜਲੀ 'ਤੇ ਸਬਸਿਡੀ ਛੱਡਣ ਦੀ ਹਾਮੀ ਭਰੀ। ਕੈਪਟਨ ਨੇ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਨੇ ਇਕ ਲੱਖ ਕਾਂਗਰਸੀਆਂ ਵਿਰੁਧ ਝੂਠੇ ਕੇਸ ਦਰਜ ਕੀਤੇ ਜਿਨ੍ਹਾਂ ਦੀ ਜਾਂਚ ਲਈ ਕਮਿਸ਼ਨ ਗਠਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਚੋਣ ਮੈਨੀਫ਼ੈਸਟੋ ਵਿਚ ਕੀਤੇ ਗਏ ਸਾਰੇ ਵਾਅਦਿਆਂ ਨੂੰ ਪੂਰਾ ਕੀਤਾ ਜਾਵੇਗਾ।

ਕੁਝ ਕਹਿਣਾ ਚਾਹੁੰਦੇ ਹੋ?ਆਪਣੇ ਵਿਚਾਰ ਪੋਸਟ ਕਰੋ

Corporate Office : #3037 Sector-19D, Chandigarh

Phone: +91-172 - 2542033, 2542066

Press : D-12 Industrial Area, Ph-1, S.A.S. Nagar, Mohali, Punjab.

Phone: +91-172 - 3047671 / 72

Fax : +91-172 - 5013421

Email : admin@rozanaspokesman.com

General Manager : Mr Rajinder singh

Phone : 9855554387

Rozana Spokesman is a Punjabi-language daily newspaper in India. During its earlier years it was a weekly newspaper. The newspaper takes an independent stand in all the matters related to Punjab, and Sikhs and the Sikh religion in particular

Copyright © 2016 Rozana Spokesman